ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਰਵਾਈ ਰਾਜਪੁਰਾ ਅਨਾਜ ਮੰਡੀ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਰਾਜ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਅੱਜ ਰਾਜਪੁਰਾ ਦੀ ਅਨਾਜ ਮੰਡੀ ਤੋਂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਇਸ ਮੌਕੇ ਰਾਜਪੁਰਾ ਤੋਂ ਵਿਧਾਇਕ ਸ੍ਰੀਮਤੀ ਨੀਨਾ ਮਿੱਤਲ, ਹਲਕਾ ਘਨੌਰ ਦੇ ਵਿਧਾਇਕ ਸ੍ਰੀ ਗੁਰਲਾਲ ਘਨੌਰ, ਐਮ.ਡੀ. ਪਨਸਪ ਅੰਮ੍ਰਿਤ ਕੌਰ ਗਿੱਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਰਕਾਰੀ ਖਰੀਦ ਏਜੰਸੀਆਂ ਲਈ ਕੁੱਲ 184.45 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਜਦੋਂ ਕਿ ਸੂਬਾ ਸਰਕਾਰ ਵੱਲੋਂ 191 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਫ਼ਸਲ ਨੂੰ ਸਾਂਭਣ ਲਈ ਪੰਜ ਲੱਖ ਗੱਟਿਆਂ ਦੀ ਜ਼ਰੂਰਤ ਹੈ ਤੇ ਸਰਕਾਰ ਕੋਲ ਸਵਾ ਪੰਜ ਲੱਖ ਗੱਟੇ ਪਹੁੰਚ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਆਰ.ਬੀ.ਆਈ ਵੱਲੋਂ ਅਕਤੂਬਰ ਮਹੀਨੇ ਲਈ 36,999 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਪੰਜਾਬ ਸਰਕਾਰ ਕੋਲ ਆ ਚੁੱਕੀ ਹੈ। ਇੱਕ ਸਵਾਲ ਦੇ ਜਵਾਬ ‘ਚ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਬਾਹਰਲੇ ਸੂਬਿਆਂ ਵਿਚੋਂ ਆਉਣ ਵਾਲੇ ਝੋਨੇ ਉਤੇ ਪੂਰੀ ਤਰ੍ਹਾਂ ਮਨਾਹੀ ਹੈ। ਉਨ੍ਹਾਂ ਕਿਹਾ ਕਿ ਜੋ ਮਿਲਰਜ਼ ਨੂੰ ਲੈਕੇ ਪਾਲਿਸੀ ਬਣੀ ਹੈ ਉਸ ਪਾਲਿਸੀ ਅਨੁਸਾਰ ਬਾਹਰੋਂ ਇੱਕ ਵੀ ਦਾਣਾ ਆਉਣ ਦੀ ਗੁੰਜਾਇਸ਼ ਨਹੀਂ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਬਾਰਡਰ ਸੀਲ ਕੀਤੇ ਗਏ ਹਨ ਤੇ ਨਾਕੇ ਵੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਹੀ ਮੰਡੀਆਂ ਵਿੱਚ ਝੋਨਾ ਖਰੀਦਿਆਂ ਜਾਵੇਗਾ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ‘ਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤੇ ਆਪਣੀ ਫ਼ਸਲ ਸੁਕਾ ਕੇ ਹੀ ਮੰਡੀਆਂ ‘ਚ ਲਿਆਉਣ। ਉਨ੍ਹਾਂ ਦੱਸਿਆ ਕਿ ਮੰਡੀਆਂ ‘ਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਲੋੜੀਂਦੀਆਂ ਸਹੂਲਤਾਂ ਦੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ। ਇਸ ਮੌਕੇ ਤੇ ਆੜਤ ਮੰਡੀ ਦੇ ਪ੍ਰਧਾਨ ਸ੍ਰ ਰੁਪਿੰਦਰ ਸਿੰਘ ਸੰਧੂ, ਉੱਘੇ ਆੜ੍ਹਤੀ ਅਤੇ ਲਾਇਨ ਕਲੱਬ ਰਾਜਪੁਰਾ ਦੇ ਪ੍ਰਧਾਨ ਰਕੇਸ਼ ਕੁਕਰੇਜਾ ਰਿੰਕੂ,ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪਰਵੀਨ ਛਾਬੜਾ, ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਜੁਆਇੰਟ ਸਕੱਤਰ ਦੀਪਕ ਸੂਦ,ਕੌਂਸਲਰ ਰਾਜੇਸ਼ ਕੁਮਾਰ, ਦਿਨੇਸ਼ ਮਹਿਤਾ, ਅਮਰਿੰਦਰ ਮਿਰੀ, ਸੁਪਰਡੈਂਟ ਅਸ਼ੋਕ ਵਰਮਾ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਰਾਣਾ, ਆੜ੍ਹਤੀ ਜਤਿੰਦਰ ਨਾਟੀ, ਅਤੇ ਆੜ੍ਹਤੀ ਤਰੁਣ ਕਟਾਰੀਆ ਸਮੇਤ ਵੱਡੀ ਗਿਣਤੀ ਵਿੱਚ ਆੜ੍ਹਤੀ ਭਾਈਚਾਰਾ ਅਤੇ ਕਿਸਾਨ ਮੌਜੂਦ ਸਨ