ਸਿਆਸੀ ਵਿਰੋਧੀਆਂ ਨੂੰ ਧੀਰਜ ਰੱਖਣ ਦੀ ਨਸੀਹਤ; ਅੰਤਰਰਾਸ਼ਟਰੀ ਹਵਾਈ ਅੱਡੇ ਬਾਰੇ ਰਹਿੰਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ
‘ਇੱਕ ਸ਼ਾਮ ਸ਼ਹੀਦਾਂ ਦੇ ਨਾਮ’ ਵਿੱਚ ਸ਼ਾਮਲ ਹੋਏ
ਮੁੱਖ ਮੰਤਰੀ ਦਫ਼ਤਰ, ਪੰਜਾਬ
ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ: ਮੁੱਖ ਮੰਤਰੀ
ਸਿਆਸੀ ਵਿਰੋਧੀਆਂ ਨੂੰ ਧੀਰਜ ਰੱਖਣ ਦੀ ਨਸੀਹਤ; ਅੰਤਰਰਾਸ਼ਟਰੀ ਹਵਾਈ ਅੱਡੇ ਬਾਰੇ ਰਹਿੰਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ
‘ਇੱਕ ਸ਼ਾਮ ਸ਼ਹੀਦਾਂ ਦੇ ਨਾਮ’ ਵਿੱਚ ਸ਼ਾਮਲ ਹੋਏ
ਸੰਗਰੂਰ, 28 ਸਤੰਬਰ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ।
ਅੱਜ ਇੱਥੇ ‘ਇੱਕ ਸ਼ਾਮ ਸ਼ਹੀਦਾਂ ਦੇ ਨਾਮ’ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਬਰਾਬਰਤਾ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੇ ਹਾਮੀ ਸਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਨੇ ਭ੍ਰਿਸ਼ਟਾਚਾਰ ਅਤੇ ਬੇਇਨਸਾਫ਼ੀ ਤੋਂ ਮੁਕਤ ਸਮਾਜ ਦੀ ਕਲਪਨਾ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀ ਵਿਚਾਰਧਾਰਾ ਹੀ ਭਾਰਤ ਨੂੰ ਦੁਨੀਆ ਦਾ ਮੋਹਰੀ ਦੇਸ਼ ਬਣਾ ਸਕਦੀ ਹੈ।
ਹਵਾਈ ਅੱਡੇ ਦੇ ਨਾਂ ਨੂੰ ਲੈ ਕੇ ਬੇਲੋੜਾ ਰੌਲਾ ਪਾਉਣ ਲਈ ਵਿਰੋਧੀ ਆਗੂਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਧੀਰਜ ਰੱਖਣਾ ਚਾਹੀਦਾ ਹੈ ਕਿਉਂਕਿ ਹਵਾਈ ਅੱਡੇ ਸਬੰਧੀ ਰਹਿੰਦੇ ਸਾਰੇ ਮਸਲੇ ਜਲਦੀ ਹੱਲ ਕੀਤੇ ਜਾਣਗੇ।
ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸੂਬੇ ਦੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ‘ਤੇ ਚੱਲਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ ਬਲਕਿ ਇਕ ਸੰਸਥਾ ਸਨ, ਉਨ੍ਹਾਂ ਕਿਹਾ ਕਿ ਦੇਸ਼ ਅਤੇ ਖਾਸ ਕਰਕੇ ਸੂਬੇ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਹੋਰ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦਾ ਉਦੇਸ਼ ਇਨ੍ਹਾਂ ਮਹਾਨ ਕੌਮੀ ਆਗੂਆਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਦੇ ਰੁਝਾਨ ‘ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਨੇ ਵਿਦੇਸ਼ੀਆਂ ਨੂੰ ਬਾਹਰ ਕੱਢਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ ਪਰ ਸਾਡੇ ਨੌਜਵਾਨ ਹੁਣ ਉਨ੍ਹਾਂ ਦੇਸ਼ਾਂ ‘ਚ ਹੀ ਰੁਜ਼ਗਾਰ ਪ੍ਰਾਪਤ ਕਰਨ ਲਈ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਰੁਝਾਨ ਨੂੰ ਠੱਲ੍ਹ ਪਾਉਣ ਲਈ ਹਰ ਸੰਭਵ ਯਤਨ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।